ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੇ ਨਾਲ ਹੁਣ ਸੱਪ ਡੱਸਣ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਜ਼ਿਲ੍ਹੇ ਵਿੱਚ ਸੱਪ ਡੱਸਣ ਦੇ 37 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 31 ਮਾਮਲੇ ਸਿੱਧੇ ਤੌਰ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਤ ਹਨ, ਜਦੋਂ ਕਿ ਬਾਕੀ 6 ਮਾਮਲੇ ਵੱਖ-ਵੱਖ ਇਲਾਕਿਆਂ ਤੋਂ ਹਨ।
ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲਾਨੌਰ ਹੜ੍ਹ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਰਿਹਾ ਹੈ, ਜਿੱਥੇ 24 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਤੋਂ 6 ਅਤੇ ਡੇਰਾ ਬਾਬਾ ਨਾਨਕ ਤੋਂ 1 ਮਾਮਲਾ ਦਰਜ ਹੋਇਆ ਹੈ। ਚੰਗੀ ਗੱਲ ਇਹ ਹੈ ਕਿ ਸਾਰੇ ਪ੍ਰਭਾਵਿਤ ਮਰੀਜ਼ਾਂ ਦਾ ਸਫਲ ਇਲਾਜ ਕੀਤਾ ਗਿਆ ਹੈ ਅਤੇ ਹੁਣ ਉਹ ਆਪਣੇ ਘਰਾਂ ਵਾਪਸ ਜਾ ਚੁੱਕੇ ਹਨ।
ਡਾ. ਸਿੰਘ ਨੇ ਲੋਕਾਂ ਨੂੰ ਨਿਸ਼ਚਿੰਤ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਐਂਟੀ ਵੈਨਮ ਇੰਜੈਕਸ਼ਨ ਦੀਆਂ 1100 ਤੋਂ ਵੱਧ ਡੋਜ਼ ਮੌਜੂਦ ਹਨ। ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸੱਪ ਡੱਸਣ ਦੀ ਘਟਨਾ ਵਾਪਰਨ ’ਤੇ ਤੁਰੰਤ ਸਭ ਤੋਂ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਮਰੀਜ਼ ਨੂੰ ਜ਼ਿੰਦਗੀ ਬਚਾਉਣ ਵਾਲਾ ਇਲਾਜ ਮਿਲ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪਾਣੀ ਦੇ ਹੌਲੀ-ਹੌਲੀ ਹਟਣ ਤੋਂ ਬਾਅਦ ਸੱਪਾਂ ਦੀ ਸਰਗਰਮੀ ਹੋਰ ਵੱਧ ਸਕਦੀ ਹੈ, ਇਸ ਲਈ ਲੋਕਾਂ ਨੂੰ ਖ਼ਾਸ ਧਿਆਨ ਦੇਣ ਦੀ ਲੋੜ ਹੈ।