ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬੱਬਰ ਖਾਲਸਾ ਦੇ ਮੈਂਬਰਾਂ ਵਿਚਕਾਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਅਨੁਸਾਰ, ਦੋ ਅੱਤਵਾਦੀ ਕੰਧਾਂ ਅਤੇ ਰੇਲਗੱਡੀਆਂ 'ਤੇ ਖਾਲਿਸਤਾਨੀ ਨਾਅਰੇ ਲਿਖ ਰਹੇ ਸਨ। ਜਦੋਂ ਪੁਲਿਸ ਉਨ੍ਹਾਂ ਨੂੰ ਕਾਬੂ ਕਰਨ ਲਈ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਦੌਰਾਨ ਇੱਕ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ। ਬਾਅਦ ਵਿੱਚ ਦੋਵੇਂ ਨੂੰ ਫੜ ਲਿਆ ਗਿਆ ਅਤੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਦੋਵੇਂ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਸੰਪਰਕ 'ਚ ਸਨ।
ਐਸਐਸਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਸ਼ਮਸ਼ੇਰ ਸ਼ੇਰਾ, ਗੈਂਗਸਟਰ ਪ੍ਰਭ ਦਾਸੂਵਾਲ ਅਤੇ ਅਫਰੀਦੀ ਤੂਤ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕਈ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇ ਰਹੇ ਸਨ।
ਇਸ ਤੋਂ ਪਹਿਲਾਂ 17 ਅਗਸਤ ਨੂੰ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ਰਾਹੀਂ ਗ੍ਰੈਫਿਟੀ ਵਾਲੀ ਵੀਡੀਓ ਜਾਰੀ ਕਰਕੇ ਜ਼ਿੰਮੇਵਾਰੀ ਲਈ ਸੀ। ਇਸ ਦੇ ਬਾਅਦ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਵਿੰਦਰ ਸਿੰਘ ਉਰਫ਼ ਹਰਮਨ ਅਤੇ ਵਿਸ਼ਾਲ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਤੋਂ ਇੱਕ ਪਿਸਤੌਲ, ਸਪਰੇ ਪੇਂਟ ਦੀ ਬੋਤਲ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਏ। ਪੁੱਛਗਿੱਛ ਵਿੱਚ ਉਨ੍ਹਾਂ ਨੇ ਗ੍ਰੈਫਿਟੀ ਬਣਾਉਣ ਵਿੱਚ ਸ਼ਮੂਲੀਅਤ ਸਵੀਕਾਰ ਕੀਤੀ।
ਉਨ੍ਹਾਂ ਦੇ ਖੁਲਾਸਿਆਂ 'ਤੇ ਪੁਲਿਸ ਨੇ ਦੋ ਹੋਰ ਸਾਥੀਆਂ - ਜੋਬਨਦੀਪ ਅਤੇ ਵਿਸ਼ਾਲ ਉਰਫ਼ ਕੀਦੀ - ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਜਾਂਚ ਤੋਂ ਪਤਾ ਲੱਗਿਆ ਕਿ ਇਹ ਸਭ ਦੋਸ਼ੀ ਕਈ ਅਪਰਾਧਿਕ ਮਾਮਲਿਆਂ ਜਿਵੇਂ ਕਿ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਪਹਿਲਾਂ ਹੀ ਸ਼ਾਮਲ ਰਹੇ ਹਨ। ਖਾਸਕਰ, ਤਰਨਤਾਰਨ ਖੇਤਰ ਵਿੱਚ ਇੱਕ ਮੈਡੀਕਲ ਪ੍ਰੈਕਟੀਸ਼ਨਰ ਅਤੇ ਸਕੂਲ ਦੇ ਅਹਾਤੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ 'ਚ ਇਹਨਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ।
ਦੋਸ਼ੀਆਂ ਖ਼ਿਲਾਫ਼ ਐਫਆਈਆਰ ਨੰਬਰ 170, ਮਿਤੀ 17/09/25, ਪੀਐਸ ਸਿਵਲ ਲਾਈਨਜ਼, ਅੰਮ੍ਰਿਤਸਰ 'ਚ ਅਤੇ ਐਫਆਈਆਰ ਨੰਬਰ 81/25, ਪੀਐਸ ਜੀਆਰਪੀ, ਜਲੰਧਰ 'ਚ ਵੱਖ-ਵੱਖ ਧਾਰਾਵਾਂ ਹੇਠ ਮਾਮਲੇ ਦਰਜ ਕੀਤੇ ਗਏ ਹਨ।