ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਪ੍ਰਧਾਨਾਂ ਅਤੇ ਇੰਚਾਰਜਾਂ ਨਾਲ ਹੰਗਾਮੀ ਮੀਟਿੰਗ ਬੁਲਾਈ। ਮੀਟਿੰਗ ਦੌਰਾਨ ਰਾਹਤ ਕਾਰਜਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇ ਪੰਜਾਬ ਦਾ ਮੁੱਖ ਮੰਤਰੀ ਸਿਆਣਪ ਨਾਲ ਕਦਮ ਚੁੱਕਦਾ ਤਾਂ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਨੇ ਸਿੱਧਾ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਬੇਧਿਆਨੀ ਅਤੇ ਨਲਾਇਕੀ ਕਾਰਨ ਸੂਬੇ ਨੂੰ ਤਬਾਹੀ ਦਾ ਸਾਹਮਣਾ ਕਰਨਾ ਪਿਆ ਹੈ।
ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਨਾ ਹੀ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਨੇ ਮੁਸੀਬਤ ਦੀ ਇਸ ਘੜੀ ਵਿੱਚ ਲੋਕਾਂ ਦਾ ਸਾਥ ਦਿੱਤਾ, ਜਦਕਿ ਪੰਜਾਬੀ ਲੋਕਾਂ ਨੇ ਆਪਣੀ ਲੜਾਈ ਖੁਦ ਲੜੀ ਹੈ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬੀ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਪੀੜਤਾਂ ਦੀ ਮਦਦ ਲਈ ਵੱਡਾ ਰਾਹਤ ਪਲਾਨ ਬਣਾਇਆ ਗਿਆ ਹੈ। ਇਸ ਪਲਾਨ ਅਧੀਨ ਪਸ਼ੂਆਂ ਲਈ 500 ਟਰੱਕ ਚਾਰੇ ਦੀ ਸਪਲਾਈ ਕੀਤੀ ਜਾਵੇਗੀ। ਡਾ. ਦਲਜੀਤ ਸਿੰਘ ਚੀਮਾ ਅਤੇ ਬੰਟੀ ਰੋਮਾਣਾ ਦੀ ਨਿਗਰਾਨੀ ਹੇਠ ਮਦਦ ਕਾਰਜ ਚਲਾਏ ਜਾਣਗੇ।
ਇਸ ਤੋਂ ਇਲਾਵਾ 125 ਮੈਡੀਕਲ ਟੀਮਾਂ ਪੀੜਤ ਇਲਾਕਿਆਂ ਵਿੱਚ ਲੋਕਾਂ ਦੇ ਸਿਹਤ ਚੈੱਕਅਪ ਕਰਨਗੀਆਂ ਅਤੇ 30 ਹਜ਼ਾਰ ਟਨ ਕਣਕ ਇਕੱਠੀ ਕਰਕੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ।