ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਟਾਂਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਰਾਜਪਾਲ ਨੇ ਰੜਾ ਪੁਲ ਅਤੇ ਧੁੱਸੀ ਬੰਨ੍ਹ ਦੀ ਜਾਂਚ ਕੀਤੀ ਅਤੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਤੋਂ ਬਾਅਦ ਉਹ ਪਿੰਡ ਮਿਆਣੀ ਦੇ ਸਰਕਾਰੀ ਹਾਈ ਸਕੂਲ ਵਿਚ ਬਣਾਏ ਰਾਹਤ ਕੈਂਪ ਵਿਚ ਗਏ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਗੈਰ-ਸਰਕਾਰੀ ਸੰਗਠਨਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਜੋ ਰਾਹਤ ਕਾਰਜਾਂ ਵਿਚ ਸਹਿਯੋਗ ਦੇ ਰਹੇ ਹਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਉਨ੍ਹਾਂ ਨੂੰ ਪੀ.ਪੀ.ਟੀ ਰਾਹੀਂ ਜ਼ਿਲ੍ਹੇ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੀਡੀਆ ਨਾਲ ਗੱਲਬਾਤ ਦੌਰਾਨ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੋਵੇਂ ਹੀ ਪੂਰੀ ਤਾਕਤ ਨਾਲ ਹੜ੍ਹ ਪੀੜਤ ਲੋਕਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਡਰੇਨੇਜ ਸਿਸਟਮ ਮਜ਼ਬੂਤ ਕਰਨ ਅਤੇ ਧੁੱਸੀ ਡੈਮ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਨਾਲ ਹੀ ਫਸਲਾਂ ਅਤੇ ਘਰਾਂ ਦੇ ਨੁਕਸਾਨ ਦੀ ਭਰਪਾਈ ਲਈ ਪ੍ਰਸਤਾਵ ਭਾਰਤ ਸਰਕਾਰ ਕੋਲ ਭੇਜੇ ਜਾਣਗੇ।
ਰਾਜਪਾਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਇਸ ਵੇਲੇ ਪੰਜ ਰਾਹਤ ਕੈਂਪ ਚੱਲ ਰਹੇ ਹਨ ਜਿੱਥੇ ਲਗਭਗ ਇੱਕ ਹਜ਼ਾਰ ਲੋਕ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਟੀਮਾਂ ਦਿਨ-ਰਾਤ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।
ਇਸ ਮੌਕੇ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸਮੇਤ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।