ਚੰਡੀਗੜ੍ਹ, 11 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਭਾਸ਼ਾ ਦੀ ਮਰਿਆਦਾ ਦੀ ਉਲੰਘਣਾ ਕਰਨ ਅਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਪ੍ਰਤੀ ਅਣਜਾਣਤਾ ਪ੍ਰਗਟਾਉਣ ਦਾ ਜਵਾਬ ਦਿੰਦਿਆਂ ਅੱਜ ਕਿਹਾ ਕਿ ਮੈਂ ਸੁਨੀਲ ਜਾਖੜ ਨੂੰ ਬਹੁਤ ਸਿਆਣਾ ਬੰਦਾ ਸਮਝਦਾ ਸੀ ਪਰ ਅਜਿਹਾ ਵਤੀਰਾ ਕਰਕੇ ਉਨ੍ਹਾਂ ਨੇ ਆਪਣੀ ਜਗੀਰੂ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।
ਇਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੋਚ ਤਾਂ ਪਹਿਲਾਂ ਹੀ ਨਫ਼ਰਤੀ ਸੀ ਪਰ ਹੁਣ ਸੁਨੀਲ ਜਾਖੜ ਦਾ ਵੀ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਅਤੇ ਪੰਜਾਬੀਆਂ ਤੋਂ ਕਿਉਂ ਨਫ਼ਰਤ ਹੈ ਇਹ ਗੱਲ ਸਮਝ ਤੋਂ ਪਰੇ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਅਜੀਬ ਗੱਲ ਹੈ ਕਿ ਕੌਮੀ ਪਾਰਟੀ ਦਾ ਪੰਜਾਬ ਇਕਾਈ ਦਾ ਪ੍ਰਧਾਨ ਲੋਕਾਂ ਦੇ ਚੁਣੇ ਹੋਏ ਅਤੇ ਸੂਬੇ ਦੇ ਮਾਲ ਮੰਤਰੀ ਬਾਰੇ ਇਹ ਗੱਲ ਕਹਿ ਰਿਹਾ ਹੈ ਕਿ ਉਸ ਨੂੰ ਨਹੀਂ ਪਤਾ ਕਿ ਹਰਦੀਪ ਸਿੰਘ ਮੁੰਡੀਆਂ ਕੌਣ ਹੈ ਅਤੇ ਨਾ ਹੀ ਮੈਂ ਉਸ ਨੂੰ ਜਾਣਦਾ ਹਾਂ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਪ੍ਰਤੀ ਸੁਨੀਲ ਜਾਖੜ ਕਿੰਨੇ ਕੁ ਸੁਹਿਰਦ ਹਨ? ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਨੇ ਆਪਣੇ ਇਸ ਬਿਆਨ ਨਾਲ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਇਹ ਗੱਲ ਬੋਲਣ ਤੋਂ ਪਹਿਲਾਂ ਸਮਝਣਾ ਚਾਹੀਦਾ ਸੀ ਕਿ ਮੈਂ ਪ੍ਰਧਾਨ ਮੰਤਰੀ ਤੋਂ ਕੋਈ ਨਿੱਜੀ ਫ਼ਾਇਦਾ ਨਹੀਂ ਸੀ ਮੰਗ ਰਿਹਾ, ਸਗੋਂ ਹੜ੍ਹਾਂ ਦਾ ਸ਼ਿਕਾਰ ਹੋਏ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਮੰਗ ਰੱਖੀ ਸੀ।
ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਨੇ ਆਪਣੇ ਇਸ ਬਿਆਨ ਰਾਹੀਂ ਆਪਣੀ ਜਗੀਰੂ ਸੋਚ ਦਾ ਪ੍ਰਗਟਾਵਾ ਕੀਤਾ ਹੈ ਕਿ ਉਨ੍ਹਾਂ ਨੂੰ ਆਮ ਘਰਾਂ ਦੇ ਬੱਚਿਆਂ ਨੂੰ ਵੱਡੇ ਅਹੁਦੇ ਉਤੇ ਬੈਠਾ ਦੇਖਣਾ ਬਰਦਾਸ਼ਤ ਨਹੀਂ।
ਉਨ੍ਹਾਂ ਕਿਹਾ ਪੰਜਾਬ ਭਾਜਪਾ ਦੇ ਕਿਸੇ ਆਗੂ ਨੇ ਹੜ੍ਹਾਂ ਕਾਰਨ ਹੋਏ ਸੂਬੇ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਹੁਣ ਤੱਕ ਇਕ ਵਾਰ ਵੀ ਮੂੰਹ ਨਹੀਂ ਖੋਲ੍ਹਿਆ।