ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ। ਰੱਖੜਾ ਨੇ ਸਾਫ਼ ਕਿਹਾ ਕਿ ਫਿਲਹਾਲ ਪਾਰਟੀ ਦੀ ਪਹਿਲ ਦੂਜੀਆਂ ਧਿਰਾਂ ਨਾਲ ਗਠਜੋੜ ਕਰਨ ਦੀ ਨਹੀਂ, ਬਲਕਿ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਨ ਦੀ ਹੈ।
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨਾਲ ਸਮਝੌਤੇ ਬਾਰੇ ਕੀ ਕਿਹਾ?
ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨਾਲ ਸੰਭਾਵੀ ਸਮਝੌਤੇ ਬਾਰੇ ਪੁੱਛੇ ਗਏ ਸਵਾਲ 'ਤੇ ਸੁਰਜੀਤ ਸਿੰਘ ਰੱਖੜਾ ਨੇ ਤੁਰੰਤ ਕੋਈ ਜਵਾਬ ਦੇਣ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਅੰਤਿਮ ਫ਼ੈਸਲਾ ਲੈਣ ਦਾ ਅਧਿਕਾਰ ਸਿਰਫ਼ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਕੋਲ ਹੈ।
ਰੱਖੜਾ ਨੇ ਜ਼ੋਰ ਦੇ ਕੇ ਕਿਹਾ, "ਅਸੀਂ ਪਹਿਲਾਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਾਂ। ਜਦੋਂ ਪਾਰਟੀ ਮਜ਼ਬੂਤ ਹੋ ਜਾਵੇਗੀ, ਤਾਂ ਹੀ ਫੈਸਲਾ ਲਿਆ ਜਾਵੇਗਾ ਕਿ ਕਿਸ ਪਾਰਟੀ ਨਾਲ ਸਮਝੌਤਾ ਕਰਨਾ ਹੈ।"
ਗਿਆਨੀ ਹਰਪ੍ਰੀਤ ਸਿੰਘ ਨਾ ਚੋਣ ਲੜਨਗੇ, ਨਾ ਅਹੁਦਾ ਲੈਣਗੇ
ਰੱਖੜਾ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਇਰਾਦਿਆਂ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਉਹ ਨਾ ਕੋਈ ਅਹੁਦਾ ਸੰਭਾਲਣਗੇ ਅਤੇ ਨਾ ਹੀ ਕੋਈ ਚੋਣ ਲੜਨਗੇ। ਉਨ੍ਹਾਂ ਦਾ ਮੁੱਖ ਮਨੋਰਥ ਸਿਰਫ਼ ਪੰਥ ਦੀ ਸੇਵਾ ਕਰਨਾ ਹੈ ਅਤੇ ਉਹ ਇਸੇ ਭਾਵਨਾ ਨਾਲ ਕੰਮ ਕਰਦੇ ਰਹਿਣਗੇ।
ਤਰਨਤਾਰਨ ਜ਼ਿਮਨੀ ਚੋਣ: ਪੰਥਕ ਏਕਤਾ 'ਤੇ ਜ਼ੋਰ
ਤਰਨਤਾਰਨ ਜ਼ਿਮਨੀ ਚੋਣ ਦਾ ਜ਼ਿਕਰ ਕਰਦਿਆਂ ਰੱਖੜਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਪੰਥ ਨੂੰ ਮੁੱਖ ਰੱਖਦੇ ਹੋਏ ਸੰਦੀਪ ਸਿੰਘ ਦੇ ਪਰਿਵਾਰ ਦਾ ਸਾਥ ਦੇਣ ਦਾ ਫੈਸਲਾ ਕੀਤਾ ਸੀ।
ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਨੂੰ ਮਜ਼ਬੂਤ ਕਰਨ, ਕਿਉਂਕਿ ਉਨ੍ਹਾਂ ਅਨੁਸਾਰ ਇਹੋ ਉਹ ਪਾਰਟੀ ਹੈ ਜੋ ਪੰਥ ਪ੍ਰਤੀ ਦ੍ਰਿੜ੍ਹਤਾ ਨਾਲ ਰਾਜਨੀਤੀ ਵਿੱਚ ਆਈ ਹੈ।