ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਂਡੀ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਕੱਢੀ ਜਾ ਰਹੀ ਜਾਗੋ ਮੌਕੇ ਹਵਾਈ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਕਿਸ਼ੋਰ ਕੁਮਾਰ ਵਾਸੀ ਬਾਂਡੀ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਵਿਆਹ ਦੌਰਾਨ ਪਿਸਤੌਲ ਨਾਲ ਹਵਾਈ ਫਾਇਰ ਕਰ ਰਹੇ ਸਨ ਅਤੇ ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ।
ਡੀਐਸਪੀ ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਸੀ। ਥਾਣਾ ਸੰਗਤ ਦੀ ਟੀਮ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਗੋਲੀਬਾਰੀ ਵਿੱਚ ਵਰਤੇ ਗਏ 32 ਬੋਰ ਅਤੇ 22 ਬੋਰ ਦੇ ਪਿਸਤੌਲ ਬਰਾਮਦ ਕਰ ਲਏ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ 10 ਜ਼ਿੰਦਾ ਕਾਰਤੂਸ ਵੀ ਕਬਜ਼ੇ ਵਿੱਚ ਲਏ ਹਨ।
ਡੀਐਸਪੀ ਨੇ ਕਿਹਾ ਕਿ ਦੋਵਾਂ ਦੇ ਹਥਿਆਰਾਂ ਦੇ ਲਾਈਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਨਤਕ ਸਮਾਗਮਾਂ ਦੌਰਾਨ ਫਾਇਰਿੰਗ ਨਾ ਸਿਰਫ਼ ਕਾਨੂੰਨ ਤਹਿਤ ਗੰਭੀਰ ਅਪਰਾਧ ਹੈ, ਸਗੋਂ ਇਹ ਜਾਨੋਮਾਲ ਲਈ ਵੀ ਖ਼ਤਰਾ ਬਣ ਸਕਦੀ ਹੈ।

