ਹਰਿਆਣਾ ਦੇ ਪਿਹੋਵਾ ਸਥਿਤ ਥਾਣਾ ਟੋਲ ਪਲਾਜ਼ਾ 'ਤੇ ਬੀਤੇ ਦਿਨ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਇੱਕ ਸਿੱਖ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ। ਇਸ ਝਗੜੇ ਦੌਰਾਨ ਸਿੱਖ ਵਿਅਕਤੀ ਦੀ ਪੱਗ ਵੀ ਉਤਰ ਗਈ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਾਰੀ ਘਟਨਾ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਵਿੱਚ ਵਾਪਰੀ।
ਘਟਨਾ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਗਿਆ ਅਤੇ ਉਨ੍ਹਾਂ ਨੇ ਤੁਰੰਤ ਟੋਲ ਪਲਾਜ਼ਾ 'ਤੇ ਪਹੁੰਚ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਟੋਲ ਪਲਾਜ਼ਾ ਪ੍ਰਬੰਧਨ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀ ਕਰਮਚਾਰੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਕੁੱਟਮਾਰ ਦਾ ਸ਼ਿਕਾਰ ਹੋਇਆ ਵਿਅਕਤੀ ਪਿਹੋਵਾ ਦੇ ਪਿੰਡ ਗੁਮਥਲਾ ਗਾਧੂ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਕਰੀਬ 7 ਟੋਲ ਪਲਾਜ਼ਾ ਕਰਮਚਾਰੀਆਂ ਨੇ ਮਿਲ ਕੇ ਉਸ ਨਾਲ ਮਾਰਕੁੱਟ ਕੀਤੀ। ਇਸ ਘਟਨਾ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਾਰ ਦਿੰਦਿਆਂ ਪ੍ਰਦਰਸ਼ਨਕਾਰੀ ਦੋਸ਼ੀ ਕਰਮਚਾਰੀ ਦੀ ਗ੍ਰਿਫ਼ਤਾਰੀ 'ਤੇ ਅੜੇ ਹੋਏ ਹਨ।
ਮੌਕੇ 'ਤੇ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਦੋਸ਼ੀ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਇਹ ਸ਼ਾਂਤਮਈ ਧਰਨਾ ਜਾਰੀ ਰਹੇਗਾ।

