
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਬਿਆਨ ਨੂੰ ਲੈ ਕੇ ਬਣੇ ਵਿਵਾਦ ’ਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਸਥਿਤੀ ਵਿੱਚ ਮਾਫ਼ੀ ਨਹੀਂ ਮੰਗਣਗੇ। ਉਨ੍ਹਾਂ ਨੇ ਦੋ ਟੁੱਕ ਸ਼ਬਦਾਂ ਵਿੱਚ ਸਪੱਸ਼ਟ ਕੀਤਾ ਕਿ ਇਸ ਮਾਮਲੇ ’ਚ ਉਨ੍ਹਾਂ ਵਿਰੁੱਧ ਫੈਲਾਈ ਜਾ ਰਹੀ ਗਲਤ ਜਾਣਕਾਰੀ ਦਾ ਜਵਾਬ ਉਨ੍ਹਾਂ ਦੀ ਕਾਨੂੰਨੀ ਟੀਮ ਦੇਵੇਗੀ।
ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਵੀਡੀਓ ਦਾ ਸਿਰਫ਼ ਇੱਕ ਹਿੱਸਾ ਵਾਇਰਲ ਕਰਕੇ ਲੋਕਾਂ ਨੂੰ ਭਟਕਾਇਆ ਜਾ ਰਿਹਾ ਹੈ, ਜਦਕਿ ਅਸਲ ਵੀਡੀਓ ਵਿੱਚ ਉਨ੍ਹਾਂ ਨੇ ਸਿਰਫ਼ ਇੱਕ ਵਿਅਕਤੀ ਨਹੀਂ ਸਗੋਂ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਹਰਭਜਨ ਸਿੰਘ ਈ.ਟੀ.ਓ. ਸਮੇਤ ਪੂਰੀ ਸਰਕਾਰ ਦਾ ਜ਼ਿਕਰ ਕੀਤਾ ਸੀ।
ਉਨ੍ਹਾਂ ਨੇ ਸਮਝਾਉਂਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ “ਬੈਂਡ ਵਜਾਉਣਾ” ਇੱਕ ਆਮ ਮੁਹਾਵਰਾ ਹੈ, ਜਿਸਦਾ ਭਾਵ ਕਿਸੇ ਦੀ ਆਰਥਿਕ ਜਾਂ ਪ੍ਰਸ਼ਾਸਕੀ ਨਾਕਾਮੀ ਵੱਲ ਇਸ਼ਾਰਾ ਕਰਨਾ ਹੁੰਦਾ ਹੈ। ਬਾਜਵਾ ਅਨੁਸਾਰ ਉਨ੍ਹਾਂ ਦਾ ਕਹਿਣ ਦਾ ਮਤਲਬ ਇਹ ਸੀ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਲੋਕਤੰਤਰਕ ਤਰੀਕੇ ਨਾਲ, ਵੋਟਾਂ ਰਾਹੀਂ, ਇਸ ਸਰਕਾਰ ਨੂੰ ਜਵਾਬ ਦੇਣਗੇ।
ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਇਆ ਕਿ ਉਹ ਜਾਣਬੁੱਝ ਕੇ ਇਸ ਮਾਮਲੇ ਨੂੰ ਫਿਰਕੂ ਰੰਗ ਦੇ ਕੇ ਪੰਜਾਬੀ ਭਾਈਚਾਰੇ ਵਿੱਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ ਅਤੇ ਸੱਚਾਈ ਦੇ ਆਧਾਰ ’ਤੇ ਕਾਨੂੰਨੀ ਤੌਰ ’ਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਣਗੇ।
