HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ...

 

IMG

ਅੰਮ੍ਰਿਤਸਰ, 21 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”


ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।

ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਸਮੂਹਾਂ, ਉਦਾਸੀ ਸੰਪਰਦਾਵਾਂ, ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਕਾਨੂੰਨ ਦੇ ਪਾਸ ਹੋਣ ਦਾ ਗਵਾਹ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਨਗੇ ਤਾਂ ਜੋ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਜਾ ਸਕੇ। ਪੰਜਾਬ ਸਰਕਾਰ ਸੰਤ ਸਮਾਜ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਸਖ਼ਤ ਕਾਨੂੰਨ ਲਿਆਉਣ ਲਈ ਵਚਨਬੱਧ ਹੈ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ 'ਬੇਅਦਬੀ' ਕਰਨ ਤੋਂ ਰੋਕੇਗਾ।”

ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਨੂੰਨ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਇੱਥੋਂ ਤੱਕ ਕਿ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਵੀ ਸ਼ਾਮਲ ਹੋਵੇਗੀ। ਨਵਾਂ ਐਕਟ ਡਿਜੀਟਲ ਸਮੱਗਰੀ ਰਾਹੀਂ ਕੀਤੀ ਜਾਣ ਵਾਲੀ 'ਬੇਅਦਬੀ' ਵਿਰੁੱਧ ਵੀ ਕਾਰਵਾਈ ਦੀ ਵਿਵਸਥਾ ਕਰੇਗਾ।  ਧਾਰਮਿਕ ਗ੍ਰੰਥਾਂ ਦੀ 'ਬੇਅਦਬੀ' ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ 'ਬੇਅਦਬੀ' ਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ’ ਉਤੇ ਲਿਖਿਆ, "ਅੱਜ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਮਹੱਤਵਪੂਰਨ ਮੀਟਿੰਗ ਹੋਈ, ਜਿੱਥੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008' ਵਿੱਚ ਸੋਧ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧ ਵਿੱਚ 13 ਅਪ੍ਰੈਲ, 2026 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚ, ਸੇਵਾ ਤੇ ਮਨੁੱਖਤਾ ਦੀਆਂ ਸਿੱਖਿਆਵਾਂ ਮਿਲਦੀਆਂ ਹਨ। ਜੇਕਰ ਕੋਈ ਬੇਅਦਬੀ ਰਾਹੀਂ ਸਾਡੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਆਸਥਾ ਅਤੇ ਸਨਮਾਨ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਏ ਜਾਣਗੇ।"

ਇਸ ਤੋਂ ਪਹਿਲਾਂ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸਮੂਹਾਂ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਲੰਬਿਤ ਮਾਮਲਿਆਂ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸਮਾਗਮ ਕਰਵਾਉਣ ਲਈ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੀਟਿੰਗ ਸਮੂਹਿਕ ਅਰਦਾਸ ਨਾਲ ਸਮਾਪਤ ਹੋਈ।

-------

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies