HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਚਿਰਾਗ: ਪੱਟੀ ਦੇ ਪਿੰਡ ਸਭਰਾ 'ਚ 25 ਸਾਲਾ ਨੌਜਵਾਨ ਦੀ ਓਵਰਡੋਜ਼ ਨਾਲ ਮੌਤ; ਪਰਿਵਾਰ ਵੱਲੋਂ ਸਰਕਾਰ ਤੇ ਪੁਲਿਸ ਵਿਰੁੱਧ...

 

IMG

ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮਹਿਜ਼ 25 ਸਾਲਾ ਨੌਜਵਾਨ ਸਰਦੂਲ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਘਟਨਾ ਨੇ ਜਿੱਥੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ, ਉੱਥੇ ਹੀ ਪੰਜਾਬ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ 'ਤੇ ਵੀ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।


ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਅਤੇ ਚਾਚਾ ਰਣਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਸਰਦੂਲ ਸਿੰਘ ਬੀਤੀ ਦੇਰ ਰਾਤ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਪਰਤਿਆ। ਸਵੇਰੇ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਪੁੱਤਰ ਮੰਡ ਦੇ ਇਲਾਕੇ ਵਿੱਚ ਬੇਹੋਸ਼ ਪਿਆ ਹੈ। ਜਦੋਂ ਪਰਿਵਾਰ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਸਰਦੂਲ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਬਾਂਹ ਵਿੱਚ ਨਸ਼ੇ ਦਾ ਟੀਕਾ ਲੱਗਾ ਹੋਇਆ ਸੀ। ਨੌਜਵਾਨ ਪੁੱਤ ਦੀ ਲਾਸ਼ ਦੇਖ ਕੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।


ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਸਭਰਾ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਦੀ ਬਜਾਏ ਉਨ੍ਹਾਂ ਦੀ ਪਿੱਠ ਥਾਪੜਦੀ ਹੈ। ਪਰਿਵਾਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ ਨੇ ਥਾਣੇ ਦਰਖਾਸਤ ਇਸ ਲਈ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਨੂੰ ਪੁਲਿਸ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ। ਉਨ੍ਹਾਂ ਮੁਤਾਬਕ ਪਹਿਲਾਂ ਵੀ ਕਈ ਵਾਰ ਸ਼ਿਕਾਇਤਾਂ ਹੋਈਆਂ ਪਰ ਕੋਈ ਸਾਰਥਕ ਕਾਰਵਾਈ ਨਹੀਂ ਹੋਈ।


ਮ੍ਰਿਤਕ ਦੇ ਭਰਾ ਰਣਧੀਰ ਸਿੰਘ ਨੇ 'ਆਮ ਆਦਮੀ ਪਾਰਟੀ' ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਾ ਬੰਦ ਕਰਨ ਦੀਆਂ ਸਹੁੰਆਂ ਖਾਧੀਆਂ ਗਈਆਂ ਸਨ, ਪਰ ਹੁਣ ਹਾਲਾਤ ਇਹ ਹਨ ਕਿ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿੱਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਤੁਰੰਤ ਨੱਥ ਪਾਈ ਜਾਵੇ ਤਾਂ ਜੋ ਕਿਸੇ ਹੋਰ ਮਾਂ ਦਾ ਪੁੱਤ ਨਸ਼ੇ ਦੀ ਭੇਟ ਨਾ ਚੜ੍ਹੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies