HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

 

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

– ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਧੇ ਘੰਟੇ ਦੀ ਜੱਦੋ-ਜਹਿਦ ਮਗਰੋਂ ਅੱਗ ’ਤੇ ਪਾਇਆ ਕਾਬੂ

ਬਰਨਾਲਾ, 10 ਨਵੰਬਰ - ਬਰਨਾਲਾ ਦੇ ਸੇਖਾ ਫਾਟਕ ਨੇੜੇ ਏਕਤਾ ਸਟਰੀਟ, ਰਾਮਗੜ੍ਹੀਆ ਰੋਡ ਅਤੇ ਰਿਸ਼ੀ ਮੁਹੱਲੇ ਦੇ ਨਾਲ ਲੱਗਦੇ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਕਬਾੜ ਦੇ ਡੰਪ ਨੂੰ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਉੱਚੀਆਂ ਲਪਟਾਂ ਦੇਖ ਕੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਡੰਪ ਵਿੱਚ ਪਿਆ ਕੁਝ ਸਾਮਾਨ ਸੜ ਗਿਆ।

ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੇ ਕਬਾੜ ਦੇ ਕਾਰੋਬਾਰ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਵੱਡੀ ਮਾਤਰਾ ਵਿੱਚ ਕਬਾੜ ਇਕੱਠਾ ਹੋਣ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ।

ਇਲਾਕਾ ਨਿਵਾਸੀ ਦਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਘਰ ਦੀ ਛੱਤ ਤੋਂ ਅੱਗ ਦੀਆਂ ਲਪਟਾਂ ਦੇਖੀਆਂ ਤਾਂ ਤੁਰੰਤ ਮੁਹੱਲੇ ਦੇ ਨੌਜਵਾਨਾਂ ਨਾਲ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਵਿੱਚ ਮਦਦ ਕੀਤੀ। ਉਨ੍ਹਾਂ ਮੁਤਾਬਕ ਫਾਇਰ ਬ੍ਰਿਗੇਡ ਦੀ ਛੋਟੀ ਗੱਡੀ 5 ਤੋਂ 7 ਮਿੰਟਾਂ ਵਿੱਚ ਪਹੁੰਚ ਗਈ, ਜਦਕਿ ਵੱਡੀਆਂ ਗੱਡੀਆਂ ਨੂੰ ਸੇਖਾ ਫਾਟਕ ਬੰਦ ਹੋਣ ਅਤੇ ਆਵਾਜਾਈ ਦੀ ਸਮੱਸਿਆ ਕਾਰਨ ਪਹੁੰਚਣ ਵਿੱਚ 15 ਤੋਂ 20 ਮਿੰਟ ਲੱਗੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਤਾਂ ਨੇੜਲੇ ਘਰ ਵੀ ਇਸ ਦੀ ਲਪੇਟ ਵਿੱਚ ਆ ਸਕਦੇ ਸਨ।

ਇੱਕ ਹੋਰ ਇਲਾਕਾ ਨਿਵਾਸੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਮੁਹੱਲੇ ਵਿੱਚ ਲੰਮੇ ਸਮੇਂ ਤੋਂ ਕਬਾੜ ਦਾ ਕੰਮ ਚੱਲ ਰਿਹਾ ਹੈ ਅਤੇ ਲੋਕ ਪਹਿਲਾਂ ਵੀ ਇਸ ਨੂੰ ਰਿਹਾਇਸ਼ੀ ਇਲਾਕੇ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕਰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਤੁਰੰਤ ਬਿਜਲੀ ਸਪਲਾਈ ਬੰਦ ਕਰਵਾਈ ਗਈ, ਜਿਸ ਨਾਲ ਹੋਰ ਨੁਕਸਾਨ ਹੋਣ ਤੋਂ ਬਚਾਅ ਹੋਇਆ।

ਫਾਇਰ ਬ੍ਰਿਗੇਡ ਅਧਿਕਾਰੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਸੇਖਾ ਫਾਟਕ ਨੇੜੇ ਇੱਕ ਗਲੀ ਵਿੱਚ ਬਣਾਏ ਕਬਾੜ ਦੇ ਡੰਪ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਗੱਡੀਆਂ ਰਵਾਨਾ ਕਰ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕੇ ਵਿੱਚ ਇਸ ਤਰ੍ਹਾਂ ਕਬਾੜ ਇਕੱਠਾ ਕਰਨਾ ਸੁਰੱਖਿਆ ਦੇ ਲਿਹਾਜ਼ ਨਾਲ ਠੀਕ ਨਹੀਂ ਹੈ। ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪੀਸੀਆਰ ਮੁਲਾਜ਼ਮ ਸੰਦੀਪ ਸਿੰਘ ਮੁਤਾਬਕ 112 ਨੰਬਰ ਰਾਹੀਂ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਡੰਪ ਵਿੱਚ ਵੱਡੀ ਮਾਤਰਾ ਵਿੱਚ ਕਬਾੜ ਪਿਆ ਹੋਣ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ। ਉਨ੍ਹਾਂ ਕਿਹਾ ਕਿ ਦੀਵਾਲੀ ਦੌਰਾਨ ਪਟਾਕਿਆਂ ਦੀ ਚੰਗਿਆੜੀ ਜਾਂ ਕਿਸੇ ਹੋਰ ਕਾਰਨ ਅੱਗ ਲੱਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਪਰ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਬਾੜ ਦਾ ਕੰਮ ਰਿਹਾਇਸ਼ੀ ਇਲਾਕੇ ਵਿੱਚੋਂ ਹਟਾ ਕੇ ਸ਼ਹਿਰ ਤੋਂ ਬਾਹਰ ਸੁਰੱਖਿਅਤ ਥਾਂ ’ਤੇ ਕਰਵਾਇਆ ਜਾਵੇ। ਇਸ ਦੇ ਨਾਲ ਹੀ ਸੇਖਾ ਫਾਟਕ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਵੀ ਕੀਤੀ ਗਈ, ਤਾਂ ਜੋ ਐਮਰਜੈਂਸੀ ਸਮੇਂ ਫਾਇਰ ਬ੍ਰਿਗੇਡ ਅਤੇ ਹੋਰ ਬਚਾਅ ਟੀਮਾਂ ਨੂੰ ਆਉਣ-ਜਾਣ ਵਿੱਚ ਦੇਰੀ ਨਾ ਹੋਵੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies